ਰਾਸ਼ਟਰਪਤੀ ਨੂੰ ਮਿਲਿਆ ਅਕਾਲੀ ਦਲ ਦਾ ਵਫਦ, ਖੇਤੀ ਬਿੱਲਾਂ ‘ਤੇ ਦਸਤਖਤ ਨਾ ਕਰਨ ਦੀ ਕੀਤੀ ਮੰਗ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਲੋਕਸਭਾ ਮਗਰੋਂ ਰਾਜਸਭਾ ਵਿਚ ਪਾਸ ਹੋਏ ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਵੀ ਇਸ ਦਾ ਵਿਰੋਧ ਕਰ ਰਹੀਆਂ ਹਨ। ਇਸੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਲੋਕਸਭਾ ਮਗਰੋਂ ਰਾਜਸਭਾ ਵਿਚ ਪਾਸ ਹੋਏ ਖੇਤੀ ਬਿੱਲਾਂ ਵਿਰੁੱਧ ਕਿਸਾਨਾਂ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਵੀ ਇਸ ਦਾ ਵਿਰੋਧ ਕਰ ਰਹੀਆਂ ਹਨ। ਇਸੇ ਨੂੰ ਲੈ ਕੇ ਅੱਜ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ ਅਤੇ ਇਹ ਮੰਗ ਕੀਤੀ ਹੈ ਕਿ ਇਨ੍ਹਾਂ ਬਿੱਲਾਂ ਉੱਤੇ ਦਸਤਖਤ ਨਾ ਕੀਤੇ ਜਾਣ।

ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਦੱਸਿਆ ਕਿ ”ਉਨ੍ਹਾਂ ਨੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਹੈ ਕਿ ਰਾਜਸਭਾ ਵਿਚ ਜ਼ਬਰਦਸਤੀ ਨਾਲ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਉੱਤੇ ਦਸਤਖਤ ਨਾ ਕਰਨ। ਅਸੀ ਉਨ੍ਹਾਂ ਨੂੰ ਇਹ ਬਿੱਲ ਸੰਸਦ ਵਿਚ ਵਾਪਸ ਭੇਜਣ ਦੀ ਬੇਨਤੀ ਵੀ ਕੀਤੀ ਹੈ”। ਦੱਸ ਦਈਏ ਕਿ ਖੇਤੀ ਬਿੱਲਾਂ ਦੇ ਵਿਰੋਧ ਵਿਚ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਕੇਂਦਰ ਦੀ ਵਜ਼ੀਰੀ ਤੋਂ ਅਸਤੀਫਾ ਵੀ ਦੇ ਚੁੱਕੇ ਹਨ। ਉੱਥੇ ਹੀ ਸੁਖਬੀਰ ਸਿੰਘ ਬਾਦਲ ਵੀ ਇਹ ਕਹਿ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਉਨ੍ਹਾਂ ਵੱਲੋਂ ਸੱਭ ਤੋਂ ਅੱਗੇ ਲੱਗ ਕੇ ਬਿੱਲਾਂ ਵਿਰੁੱਧ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਬਿੱਲ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ।

ਜ਼ਿਕਰਯੋਗ ਹੈ ਕਿ ਖੇਤੀ ਬਿੱਲਾਂ ਵਿਰੁੱਧ ਪੰਜਾਬ ਵਿਚ ਕਿਸਾਨਾਂ ਦੁਆਰਾ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਇਨ੍ਹਾਂ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਬਿੱਲਾਂ ਵਿਰੁੱਧ ਸੰਘਰਸ਼ ਤੇਜ਼ ਕਰਦਿਆਂ ਕਿਸਾਨਾਂ ਨੇ 25 ਸਤੰਬਰ ਨੂੰ ਪੰਜਾਬ ਬੰਦ ਦਾ ਵੀ ਐਲਾਨ ਕੀਤਾ ਹੈ। ਉੱਥੇ ਹੀ ਭਾਜਪਾ ਨੂੰ ਛੱਡ ਕੇ ਸੂਬੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਵੀ ਇਨ੍ਹਾਂ ਬਿੱਲਾਂ ਦਾ ਵਿਰੋਧ ਵਿਚ ਉੱਤਰ ਚੁੱਕੀਆਂ ਹਨ।

Leave a Reply

Your email address will not be published. Required fields are marked *