ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਅਹਿਮ ਮੁੱਦਿਆ ਉੱਤੇ ਵਿਸ਼ੇਸ਼ ਚਰਚਾ ਹੋਈ। ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਹੋਈ। ਇਕੱਤਰਤਾ ਸਬੰਧੀ ਗੱਲਬਾਤ ਕਰਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਕਾਲ ਬੁੰਗਾ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੀ ਰਿਪੋਰਟ ਉਨ੍ਹਾਂ ਪਾਸ ਆ ਗਈ ਹੈ ਅਤੇ ਇਹ ਸਬ ਕਮੇਟੀ ਦੀ ਰਿਪੋਰਟ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤੀ ਜਾਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਲਿਖਿਆ ਸੀ ਪੱਤਰ
ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੇ ਸੰਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ। ਜਿਸ ਨੇ 12 ਦਸੰਬਰ 2023 ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਸੰਬੰਧੀ ਗੰਭੀਰਤਾ ਨਾਲ ਵਿਚਾਰ ਕਰਨ ਲਈ ਕਿਹਾ ਗਿਆ ਸੀ। 23 ਦਸੰਬਰ 2023 ਨੂੰ ਪ੍ਰਧਾਨ ਮੰਤਰੀ ਦਫਤਰ ਵੱਲੋਂ ਇੱਕ ਪੱਤਰ ਪ੍ਰਾਪਤ ਹੋਇਆ ਜਿਸ ਵਿੱਚ ਉਹਨਾਂ ਨੇ ਗ੍ਰਹਿ ਮੰਤਰੀ ਤੇ ਗ੍ਰਹਿ ਵਿਭਾਗ ਨੂੰ ਇਸ ਮਾਮਲੇ ਦੀ ਗੰਭੀਰਤਾ ਸਬੰਧੀ ਕਾਰਵਾਈ ਕਰਨ ਲਈ ਕਿਹਾ ਹੈ। ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਸ ਪੰਜ ਮੈਂਬਰੀ ਕਮੇਟੀ ਨੂੰ 31 ਦਸੰਬਰ 2023 ਦਾ ਸਮਾਂ ਦਿੱਤਾ ਗਿਆ ਸੀ, ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਮਾਂ ਵਧਾਉਣ ਦੀ ਬੇਨਤੀ ਕੀਤੀ ਸੀ, ਗਿਆਨੀ ਰਘਬੀਰ ਸਿੰਘ ਵੱਲੋਂ 27 ਜਨਵਰੀ 2024 ਤੱਕ ਦਾ ਆਖਰੀ ਸਮਾਂ ਦਿੱਤਾ ਗਿਆ ਹੈ। ਜਥੇਦਾਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਾਈ ਪਟੀਸ਼ਨ ਸਬੰਧੀ ਢੁਕਵਾਂ ਫੈਸਲਾ ਕਰੇ।