ਸ਼ਿਮਲਾ-ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ‘ਚ ਤੜਕੇ ਤੜਕੇ ਭਿਆਨਕ ਹਾਦਸਾ ਵਾਪਰ ਗਿਆ। ਕੁਡੂ-ਦਿਲਤਾਰੀ ਰੋਡ ‘ਤੇ ਸ਼ੁੱਕਰਵਾਰ ਤੜਕੇ ਇਕ ਬੱਸ ਦੇ ਪਲਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿਚ 3 ਹੋਰ ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 6 ਵਜੇ ਉਸ ਸਮੇਂ ਵਾਪਰਿਆ ਜਦੋਂ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚਆਰਟੀਸੀ) ਦੀ ਬੱਸ ਕੁਡੂ ਤੋਂ ਦਿਲਤਾਰੀ ਵੱਲ ਜਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਇਹ ਹਾਦਸਾ ਸਵੇਰੇ 6 ਵਜੇ ਦੇ ਕਰੀਬ ਵਾਪਰਿਆ। ਬੱਸ, ਡਰਾਈਵਰ ਤੇ ਕੰਡਕਟਰ ਸਮੇਤ ਕੁੱਲ 7 ਲੋਕਾਂ ਨੂੰ ਲੈ ਕੇ, ਇੱਕ ਉੱਚੀ ਪਹਾੜੀ ਤੋਂ ਹੇਠਾਂ ਡਿੱਗ ਗਈ ਅਤੇ ਹੇਠਾਂ ਸੜਕ ‘ਤੇ ਜਾ ਕੇ ਰੁਕ ਗਈ। ਦੋ ਪੀੜਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰਾਂ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ। ਸ਼ਿਮਲਾ ਦੇ ਪੁਲਿਸ ਸੁਪਰਡੈਂਟ ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਬਿਰਮਾ ਦੇਵੀ ਅਤੇ ਧਨ ਸ਼ਾਹ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਡਰਾਈਵਰ ਕਰਮ ਦਾਸ ਅਤੇ ਕੰਡਕਟਰ ਰਾਕੇਸ਼ ਕੁਮਾਰ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਐਚਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਰੋਹਨ ਚੰਦ ਠਾਕੁਰ ਨੇ ਕਿਹਾ ਕਿ ਹਾਦਸੇ ਦੀ ਮੁੱਢਲੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ’’