14 ਨਵੰਬਰ ਨੂੰ ਮਨਾਇਆ ਜਾਵੇਗਾ ‘ਨੋ ਚਲਾਨ ਡੇਅ’, ਰਾਜਾ ਵੜਿੰਗ ਨੇ ਦਿੱਤੇ ਹੁਕਮ

ਚੰਡੀਗੜ੍ਹ- ਪੰਜਾਬ ‘ਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ…

ਚੰਡੀਗੜ੍ਹ- ਪੰਜਾਬ ‘ਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 14 ਨਵੰਬਰ ਨੂੰ “ਨੋ ਚਲਾਨ ਡੇਅ” ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਜਿਵੇਂ ਤੇਜ਼ ਰਫ਼ਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣਾ, ਬਿਨਾਂ ਹੈਲਮੇਟ ਤੋਂ ਗੱਡੀ ਚਲਾਉਣਾ, ਵਾਹਨ ਚਲਾਉਂਦੇ ਸਮੇਂ ਮੋਬਾਈਲ ਸੁਣਨਾ ਅਤੇ ਓਵਰਲੋਡਿੰਗ ਆਦਿ ਨੂੰ ਰੋਕਿਆ ਜਾਵੇਗਾ, ਸੜਕ ਸੁਰੱਖਿਆ ਬਾਰੇ ਆਵਾਜਾਈ ਬਾਰੇ ਸੰਖੇਪ ਜਾਣਕਾਰੀ ਰਾਹਗੀਰਾਂ ਨਾਲ ਸਾਂਝੀ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਤੇ ਆਮ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਪੈਂਫ਼ਲਿਟ ਅਤੇ ਬੈਜ ਵੰਡੇ ਜਾਣਗੇ।

Also Read: ਤਿਓਹਾਰੀ ਸੀਜ਼ਨ ਨੂੰ ਦੇਖਦਿਆਂ ਸੁਪਰੀਮ ਕੋਰਟ ਦਾ ਬਿਆਨ, ‘ਸਾਰੇ ਪਟਾਕਿਆਂ ‘ਤੇ ਪਾਬੰਦੀ ਨਹੀਂ’

ਸੂਬੇ ਦੇ ਸਾਰੇ ਬਲਾਕਾਂ, ਜ਼ਿਲ੍ਹਿਆਂ ਅਤੇ ਵੱਡੇ ਸ਼ਹਿਰਾਂ ‘ਚ 14 ਨਵੰਬਰ, 2021 ਨੂੰ ਵਿੱਢੀ ਜਾਣ ਵਾਲੀ ਇਸ ਸੜਕ ਸੁਰੱਖਿਆ ਮੁਹਿੰਮ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਜ਼ੋਰ ਦਿੱਤਾ ਕਿ ਸੜਕ ਸੁਰੱਖਿਆ ਨੂੰ ਸਕੂਲਾਂ ਅਤੇ ਕਾਲਜਾਂ ‘ਚ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ ਅਤੇ ਵਿਦਿਆਰਥੀਆਂ ਦਾ ਮੁਲਾਂਕਣ ਸੜਕ ਸੁਰੱਖਿਆ ਸਮੱਗਰੀ ਦੇ ਆਧਾਰ ‘ਤੇ ਗਰੇਡਾਂ ਨਾਲ ਕੀਤਾ ਜਾਵੇ ਨਾਕਿ ਇੱਕ ਆਪਸ਼ਨਲ ਪਾਠ ਵਜੋਂ। ਉਨ੍ਹਾਂ ਲੀਡ ਏਜੰਸੀ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਤੇ ਕਾਲਜਾਂ ‘ਚ ਸੜਕ ਸੁਰੱਖਿਆ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਲਈ ਸਕੂਲ, ਉਚੇਰੀ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਜਾਵੇ।

Also Read: ਪੰਜਾਬ ਵਾਸੀਆਂ ਨੂੰ ਮਿਲੇਗੀ ਸਸਤੀ ਬਿਜਲੀ! PSPCL ਵੱਲੋਂ ਸੂਰਜੀ ਊਰਜਾ ਦੀ ਖ਼ਰੀਦ ਲਈ ਟੈਂਡਰ ਜਾਰੀ

ਕੈਬਨਿਟ ਮੰਤਰੀ ਨੇ ਦੱਸਿਆ ਕਿ 14 ਨਵੰਬਰ, 2021 ਨੂੰ “ਨੋ ਚਲਾਨ ਡੇਅ” ਸਵੇਰੇ 10:00 ਤੋਂ ਦੁਪਹਿਰ 12:00 ਵਜੇ ਤੱਕ ਮਨਾਇਆ ਜਾਵੇਗਾ ਜਿਸ ਦੌਰਾਨ ਟਰਾਂਸਪੋਰਟ ਵਿਭਾਗ ਅਤੇ ਟ੍ਰੈਫ਼ਿਕ ਪੁਲਿਸ ਦੇ ਅਧਿਕਾਰੀ, ਇਲਾਕੇ ਦੇ ਲੋਕ ਨੁਮਾਇੰਦਿਆਂ ਦੇ ਸਹਿਯੋਗ ਅਤੇ ਗ਼ੈਰ ਸਰਕਾਰੀ ਸੰਗਠਨਾਂ ਤੇ ਸਿਵਲ ਸੁਸਾਇਟੀ ਸੰਸਥਾਵਾਂ ਦੀ ਸਰਗਰਮ ਸ਼ਮੂਲੀਅਤ ਨਾਲ ਰਾਹਗੀਰਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਗ਼ੈਰ ਸਰਕਾਰੀ ਅਤੇ ਸਿਵਲ ਸੁਸਾਇਟੀ ਸੰਸਥਾਵਾਂ ਆਮ ਲੋਕਾਂ ‘ਚ ਸੜਕ ਸੁਰੱਖਿਆ ਜਾਗਰੂਕਤਾ ਲਿਆਉਣ ਲਈ ਪੂਰੀ ਤਰ੍ਹਾਂ ਸ਼ਮੂਲੀਅਤ ਕਰਦਿਆਂ ਹੈਲਮਟ ਵੰਡਣਗੀਆਂ ਅਤੇ ਰੈਟਰੋ ਰਿਫ਼ਲੈਕਟਿਵ ਟੇਪ ਆਦਿ ਵੀ ਲਾਉਣਗੀਆਂ। ਮੀਟਿੰਗ ‘ਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸੂਬੇ ‘ਚ ਰੇਟਰੋ ਰਿਫ਼ਲੈਕਟਿਵ ਬੈਂਡ, ਸੜਕ ਸੰਕੇਤਾਂ ਅਤੇ ਹੋਰ ਸੜਕ ਸੁਰੱਖਿਆ ਉਪਕਰਣਾਂ ਦੀ ਖ਼ਰੀਦ ਲਈ ਸੜਕ ਸੁਰੱਖਿਆ ਗਤੀਵਿਧੀਆਂ ਲਈ ਬਜਟ ‘ਚ ਰਾਖਵੀਂ ਗ੍ਰਾਂਟ ਜਾਰੀ ਕਰਨ ਲਈ ਸੂਬਾ ਸਰਕਾਰ ਨਾਲ ਤੁਰੰਤ ਤਾਲਮੇਲ ਕੀਤਾ ਜਾਵੇਗਾ।

Also Read: ਸਰਕਾਰ ਨੇ ਕਰਮਚਾਰੀ PF ‘ਤੇ 8.5 ਫੀਸਦੀ ਵਿਆਜ ਦਰ ਨੂੰ ਦਿੱਤੀ ਮਨਜ਼ੂਰੀ

ਰਾਜਾ ਵੜਿੰਗ ਨੇ ਸੜਕੀ ਢਾਂਚੇ ਨਾਲ ਸਬੰਧਤ ਵਿਭਾਗਾਂ ਨੂੰ ਸੜਕ ਸੁਰੱਖਿਆ ਗਤੀਵਿਧੀਆਂ ਲਈ ਡੀ.ਪੀ.ਆਰ. ‘ਚ ਨਵੀਆਂ ਸੜਕਾਂ ਬਾਰੇ ਕੀਤੇ ਬਜਟ ਉਪਬੰਧਾਂ ਦੀ ਪੂਰੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਅਤੇ ਵਿਭਾਗਾਂ ਨੂੰ ਪੇਂਡੂ ਅਤੇ ਮਿਊਂਸੀਪਲ ਸੜਕਾਂ ‘ਤੇ ਪੈਦਲ ਚਾਲਕਾਂ ਅਤੇ ਸਾਈਕਲ ਸਵਾਰਾਂ ਲਈ ਸੰਕੇਤਕ ਬੋਰਡਾਂ ਅਤੇ ਚਿੰਨ੍ਹਾਂ ‘ਚ ਸੁਧਾਰ ਲਿਆਉਣ ਦੀ ਹਦਾਇਤ ਕੀਤੀ। ਇਸ ਸਬੰਧੀ ਲੀਡ ਏਜੰਸੀ ਵੱਲੋਂ ਸਮੂਹ ਅਥਾਰਟੀਆਂ ਨੂੰ ਪੱਤਰ ਲਿਖਿਆ ਜਾਵੇਗਾ। ਮੀਟਿੰਗ ‘ਚ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਤੋਂ ਵਿਧਾਇਕਾਂ ਅਤੇ ਯੂਥ ਕਾਂਗਰਸ ਦੇ ਆਗੂਆਂ ਸਣੇ ਮਹਿਲਾ ਕਾਂਗਰਸ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਸੂਬੇ ਵਿੱਚ ਸੜਕਾਂ, ਫੁੱਟਪਾਥਾਂ, ਸੰਕੇਤਾਂ ਦੇ ਸੁਧਾਰ ਅਤੇ ਸੜਕ ਹਾਦਸਿਆਂ ਨੂੰ ਰੋਕਣ ਸਬੰਧੀ ਵਡਮੁੱਲੇ ਸੁਝਾਅ ਦਿੱਤੇ। ਮੀਟਿੰਗ ਵਿੱਚ ਮੌਜੂਦ ਵਿਧਾਇਕਾਂ ਅਤੇ ਹੋਰ ਆਗੂਆਂ ਨੇ ਟਰਾਂਸਪੋਰਟ ਮੰਤਰੀ ਨੂੰ ਸੂਬੇ ਭਰ ਵਿੱਚ ਲੋਕਾਂ ਵਿੱਚ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਲਿਆਉਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰੀ ਪ੍ਰੋਗਰਾਮਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਕਿਉਂਕਿ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ ਆਦਿ ਸਣੇ ਪੰਜਾਬ ਉਨ੍ਹਾਂ ਪੰਜ ਸੂਬਿਆਂ ਵਿੱਚ ਸ਼ਾਮਲ ਹੈ, ਜਿਥੇ ਪ੍ਰਤੀ ਲੱਖ ਆਬਾਦੀ ਪਿੱਛੇ ਮੌਤਾਂ ਵੱਧ ਹਨ।

Also Read: ਅੱਜ ਨਹੀਂ ਹੋਵੇਗੀ ਆਰਿਅਨ ਦੀ ਰਿਹਾਈ, ਜੇਲ ਨਹੀਂ ਪਹੁੰਚੀ ਬੇਲ ਆਰਡਰ ਦੀ ਕਾਪੀ

ਏ.ਡੀ.ਜੀ.ਪੀ. (ਟਰੈਫ਼ਿਕ) ਡਾ. ਐੱਸ.ਐੱਸ. ਚੌਹਾਨ ਨੇ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੂਰਬ ਨੂੰ ਵਿਸ਼ਵ ਪੈਦਲ ਯਾਤਰੀ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਟਰਾਂਸਪੋਰਟ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਇਸ ਸਬੰਧੀ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ ਨੂੰ ਤਜਵੀਜ਼ ਭੇਜਣ। ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟਰਤਨਮ, ਏ.ਡੀ.ਜੀ.ਪੀ. (ਟ੍ਰੈਫ਼ਿਕ) ਡਾ. ਐਸ.ਐਸ. ਚੌਹਾਨ ਅਤੇ ਟ੍ਰੈਫ਼ਿਕ ਸਲਾਹਕਾਰ ਪੰਜਾਬ ਅਤੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਸਥਾਨਕ ਸਰਕਾਰਾਂ, ਟ੍ਰੈਫ਼ਿਕ ਪੁਲਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *