ਨਵੀਂ ਦਿੱਲੀ: ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਜਲਦੀ ਰਿਹਾਈ ਦੇ ਖਿਲਾਫ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਦੱਸ ਦੇਈਏ ਕਿ 2002 ਦੇ ਗੁਜਰਾਤ ਦੰਗਿਆਂ ਦੌਰਾਨ 11 ਦੋਸ਼ੀਆਂ ਨੇ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਕੀਤਾ ਸੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਕਰ ਦਿੱਤੀ ਸੀ। ਗੁਜਰਾਤ ਸਰਕਾਰ ਨੇ 15 ਅਗਸਤ 2022 ਨੂੰ ਦੋਸ਼ੀਆਂ ਨੂੰ ਰਾਹਤ ਦਿੰਦਿਆਂ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਸੀ। ਇਸ ਦੇ ਖਿਲਾਫ ਬਿਲਕਿਸ ਬਾਨੋ ਨੇ ਮੁੜ ਸੁਪਰੀਮ ਕੋਰਟ ਜਾ ਕੇ ਪਟੀਸ਼ਨ ਦਾਇਰ ਕੀਤੀ ਹੈ। ਜਿਸ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ।
ਸੁਪਰੀਮ ਕੋਰਟ ਦੀ ਨਵੀਂ ਬੈਂਚ ਸੁਣਵਾਈ ਕਰੇਗੀ
ਜਸਟਿਸ ਕੇਐਮ ਜੋਸੇਫ ਅਤੇ ਜਸਟਿਸ ਬੀਵੀ ਨਗਰਰਤਨ ਦੀ ਬੈਂਚ ਬਿਲਕਿਸ ਬਾਨੋ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ 22 ਮਾਰਚ ਨੂੰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਬਿਲਕਿਸ ਬਾਨੋ ਦੀ ਪਟੀਸ਼ਨ ‘ਤੇ ਸੁਣਵਾਈ ਲਈ ਨਵੇਂ ਬੈਂਚ ਦੇ ਗਠਨ ਦਾ ਭਰੋਸਾ ਦਿੱਤਾ ਸੀ। ਬਿਲਕਿਸ ਬਾਨੋ ਵੱਲੋਂ ਦੋਸ਼ੀਆਂ ਦੀ ਜਲਦੀ ਰਿਹਾਈ ਵਿਰੁੱਧ ਦਾਇਰ ਪਟੀਸ਼ਨ ਦੇ ਨਾਲ ਹੀ ਇੱਕ ਹੋਰ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ। ਜਿਸ ‘ਚ ਬਿਲਕਿਸ ਬਾਨੋ ਨੇ ਸੁਪਰੀਮ ਕੋਰਟ ਤੋਂ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਮੰਗ ਵੀ ਕੀਤੀ ਹੈ, ਜਿਸ ‘ਚ ਅਦਾਲਤ ਨੇ ਗੁਜਰਾਤ ਸਰਕਾਰ ਨੂੰ ਦੋਸ਼ੀਆਂ ਨੂੰ ਜਲਦ ਰਿਹਾਅ ਕਰਨ ‘ਤੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਸਨ।