ਮੁੰਬਈ: ਐੱਨਸੀਪੀ ਮੁਖੀ ਸ਼ਰਦ ਪਵਾਰ ਨੇ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ। ਸ਼ੁੱਕਰਵਾਰ ਨੂੰ ਇਸ ਦਾ ਐਲਾਨ ਕਰਦੇ ਹੋਏ ਪਵਾਰ ਨੇ ਕਿਹਾ ਕਿ ਵਰਕਰਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਮੈਂ ਇਹ ਫੈਸਲਾ ਲਿਆ ਹੈ। ਪਵਾਰ ਨੇ ਕਿਹਾ ਕਿ ਉਹ ਆਪਣੇ ਵਰਕਰਾਂ ਅਤੇ ਸਹਿਯੋਗੀਆਂ ਦਾ ਬਹੁਤ ਸਤਿਕਾਰ ਕਰਦੇ ਹਨ। ਦੋ ਦਿਨ ਪਹਿਲਾਂ ਉਨ੍ਹਾਂ ਨੇ ਐਨਸੀਪੀ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ।ਅੱਜ ਜਦੋਂ ਪਵਾਰ ਮੀਡੀਆ ਦੇ ਸਾਹਮਣੇ ਆਪਣਾ ਅਸਤੀਫਾ ਵਾਪਸ ਲੈਣ ਦਾ ਐਲਾਨ ਕਰ ਰਹੇ ਸਨ ਤਾਂ ਉਨ੍ਹਾਂ ਦੇ ਭਤੀਜੇ ਅਜੀਤ ਪਵਾਰ ਮੌਜੂਦ ਨਹੀਂ ਸਨ। ਜਿਸ ਦਿਨ ਸ਼ਰਦ ਪਵਾਰ ਨੇ ਅਸਤੀਫਾ ਦੇਣ ਦਾ ਐਲਾਨ ਕੀਤਾ, ਉਥੇ ਮੌਜੂਦ ਸਾਰੇ ਨੇਤਾਵਾਂ ਨੇ ਉਨ੍ਹਾਂ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ। ਪਰ ਉਸ ਸਮੇਂ ਅਜੀਤ ਪਵਾਰ ਹੀ ਅਜਿਹੇ ਨੇਤਾ ਸਨ ਜਿਨ੍ਹਾਂ ਨੇ ਉਨ੍ਹਾਂ ਦੇ ਅਸਤੀਫੇ ਦਾ ਖੁੱਲ੍ਹ ਕੇ ਸਮਰਥਨ ਕੀਤਾ ਸੀ।
ਸ਼ਰਦ ਪਵਾਰ ਵੱਲੋਂ ਅਸਤੀਫਾ ਵਾਪਸ ਲੈਣ ਤੋਂ ਬਾਅਦ ਐਨਸੀਪੀ ਵਰਕਰਾਂ ਵਿੱਚ ਜਸ਼ਨ ਦਾ ਮਾਹੌਲ ਹੈ। ਇਸ ਤੋਂ ਪਹਿਲਾਂ ਜਿਸ ਦਿਨ ਸ਼ਰਦ ਪਵਾਰ ਨੇ ਅਸਤੀਫਾ ਦਿੱਤਾ ਸੀ, ਉਸ ਦਿਨ ਵਰਕਰਾਂ ਵਿਚ ਭਾਰੀ ਨਿਰਾਸ਼ਾ ਸੀ।