ਚੰਡੀਗੜ੍ਹ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਦੀ ਰਹੇਗੀ।
ਸੂਬਾ ਸਰਕਾਰ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਨਾਲ 83 ਲਾਭਪਾਤਰੀਆਂ ਦੀ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਗਈ ਹੈ। ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਦੀ ਰਹੇਗੀ।
ਇੱਥੋਂ ਦੇ ਸੈਕਟਰ-3 ਸਥਿਤ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ ਤੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨ ਉਪਰੰਤ ਰੱਖਿਆ ਸੇਵਾਵਾਂ ਭਲਾਈ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਦੇਖਭਾਲ ਅਤੇ ਸਮਾਜ ਵਿੱਚ ਉਨ੍ਹਾਂ ਦਾ ਚੰਗਾ ਜੀਵਨ ਬਤੀਤ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਰਕਾਰ ਨੇ ਸਰੀਰਕ ਤੌਰ ਉਤੇ ਨਕਾਰਾ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਧਾਉਣ ਦਾ ਵੀ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਮੁਤਾਬਕ ਸਰੀਰਕ ਤੌਰ ਉਤੇ 76 ਫ਼ੀਸਦੀ ਤੋਂ 100 ਫ਼ੀਸਦੀ ਤੱਕ ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ 51 ਫ਼ੀਸਦੀ ਤੋਂ 75 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੁੱਗਣੀ ਕਰਕੇ 10 ਲੱਖ ਤੋਂ ਵਧਾ ਕੇ 20 ਲੱਖ ਅਤੇ 25 ਫ਼ੀਸਦੀ ਤੋਂ 50 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 5 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਹੈ।