ਨਵੀਂ ਦਿੱਲੀ: ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਵਿਚਾਲੇ ਚਲ ਰਹੇ ਵਿਵਾਦ ਕਿ ਪ੍ਰਸ਼ਾਸਨਿਕ ਸੇਵਾਵਾਂ ‘ਤੇ ਕਿਸ ਨੂੰ ਕੰਟਰੋਲ ਹੋਣਾ ਚਾਹੀਦਾ ਹੈ, ਇਸ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਦੇਣਾ ਸ਼ੁਰੂ ਕਰ ਦਿੱਤਾ ਹੈ। ਅਦਾਲਤ ਤੈਅ ਕਰੇਗੀ ਕਿ ਪ੍ਰਸ਼ਾਸਨਿਕ ਫੇਰਬਦਲ ਵਰਗੇ ਫੈਸਲੇ ਲੈਣ ਦਾ ਅਧਿਕਾਰ ਕਿਸ ਕੋਲ ਹੈ।
ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਦਿੱਲੀ ਪ੍ਰਸ਼ਾਸਨਿਕ ਸੇਵਾਵਾਂ ਬਾਰੇ ਫ਼ੈਸਲਾ ਲੈਣ ਦੇ ਮਾਮਲੇ ਵਿੱਚ ਆਪਣਾ ਫ਼ੈਸਲਾ ਪੜ੍ਹਨਾ ਸ਼ੁਰੂ ਕਰ ਦਿੱਤਾ ਹੈ। ਜੱਜ ਨੇ ਕਿਹਾ ਕਿ ਇਹ ਫੈਸਲਾ ਬਹੁਮਤ ਦਾ ਫੈਸਲਾ ਹੈ।
ਸੀਜੇਆਈ ਡੀਵਾਈ ਚੰਦਰਚੂੜ ਅਤੇ ਜਸਟਿਸ ਐਮਆਰ ਸ਼ਾਹ, ਕ੍ਰਿਸ਼ਨਾ ਮੁਰਾਰੀ, ਹਿਮਾ ਕੋਹਲੀ ਅਤੇ ਪੀਐਸ ਨਰਸਿਮਹਾ ਦੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਅੱਜ ਦਿੱਲੀ ਸਰਕਾਰ ਅਤੇ ਕੇਂਦਰ ਵਿਚਾਲੇ ਚੱਲ ਰਹੇ ਵਿਵਾਦ ‘ਤੇ ਫੈਸਲਾ ਸੁਣਾਏਗੀ। ਇਸ ਵਿਵਾਦਪੂਰਨ ਮੁੱਦੇ ‘ਤੇ ਫੈਸਲੇ ਤੋਂ ਬਾਅਦ ਇਹ ਸਪੱਸ਼ਟ ਹੋ ਜਾਵੇਗਾ ਕਿ ਦਿੱਲੀ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਨੂੰ ਲੈ ਕੇ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੌਣ ਕੰਟਰੋਲ ਕਰੇਗਾ।
ਦਿੱਲੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਬਾਰੇ ਕੇਂਦਰ ਅਤੇ ਦਿੱਲੀ ਸਰਕਾਰ ਦੀਆਂ ਵਿਧਾਨਕ ਅਤੇ ਕਾਰਜਕਾਰੀ ਸ਼ਕਤੀਆਂ ਦੇ ਦਾਇਰੇ ਨਾਲ ਸਬੰਧਤ ਕਾਨੂੰਨੀ ਮੁੱਦਿਆਂ ਦੀ ਸੁਣਵਾਈ ਲਈ ਸੰਵਿਧਾਨਕ ਬੈਂਚ ਦਾ ਗਠਨ ਕੀਤਾ ਗਿਆ ਸੀ। ਪਿਛਲੇ ਸਾਲ 6 ਮਈ ਨੂੰ ਸੁਪਰੀਮ ਕੋਰਟ ਨੇ ਇਸ ਮੁੱਦੇ ਨੂੰ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਸੀ।