ਚੰਡੀਗੜ੍ਹ (ਬਿਊਰੋ)- ਪੰਜਾਬ ਕੈਬਨਿਟ (Punjab Cabinet) ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Cm Captain Amrinder Singh) ਦੀ ਪ੍ਰਧਾਨਗੀ ਵਿਚ ਹੋਈ ਕੈਬਨਿਟ ਮੀਟਿੰਗ (Cabinet Meeting) ਵਿਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗੀ। ਪਿੰਡਾਂ ਵਿਚ ਲਾਲ ਲਕੀਰ ਅੰਦਰ ਆਉਣ ਵਾਲੀ ਜਾਇਦਾਦ ਦੇ ਅਧਿਕਾਰਾਂ ਨੂੰ ਕੰਪਾਇਲ ਕਰਨ ਲਈ ਮੰਤਰੀਮੰਡਲ ਨੇ ‘ਦਿ ਆਬਾਦੀ ਦੇਹ (ਰਿਕਾਰਡ ਆਫ ਰਾਈਟਸ) ਨਿਯਮ-2021 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਇਨ੍ਹਾਂ ਜਾਇਦਾਦਾਂ ਸਬੰਧੀ ਪੈਦਾ ਹੋਣ ਵਾਲੇ ਝਗੜਿਆਂ ਨੂੰ ਨਿਪਟਾਇਆ ਜਾ ਸਕੇਗਾ।
ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਣਅਧਿਕਾਰਤ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਅਤੇ ਪਾਣੀ ਦੀ ਸਪਲਾਈ ਤੇ ਸੀਵਰੇਜ ਦੇ ਖ਼ਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓਟੀਐੱਸ) ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਨਾਲ ਲਗਪਗ 93,000 ਕੁਨੈਕਸ਼ਨ ਨਿਯਮਤ ਕੀਤੇ ਜਾਣਗੇ। ਫ਼ੈਸਲੇ ਅਨੁਸਾਰ ਘਰੇਲੂ ਸ਼੍ਰੇਣੀ ਤਹਿਤ 125 ਵਰਗ ਗਜ਼ ਦੇ ਪਲਾਟ ਲਈ ਪਾਣੀ ਦੀ ਸਪਲਾਈ ਅਤੇ ਸੀਵਰੇਜ ਕੁਨੈਕਸ਼ਨ ਨੂੰ ਨਿਯਮਤ ਕਰਨ ਲਈ ਇੱਕ ਵਾਰ ਦੀ ਫ਼ੀਸ ਵਜੋਂ 200 ਰੁਪਏ ਪ੍ਰਤੀ ਕੁਨੈਕਸ਼ਨ (ਪਾਣੀ ਸਪਲਾਈ ਅਤੇ ਸੀਵਰੇਜ ਲਈ 100-100 ਰੁਪਏ) ਲਏ ਜਾਣਗੇ। ਇਸੇ ਤਰ੍ਹਾਂ 125 ਤੋਂ 250 ਵਰਗ ਗਜ਼ ਦੇ ਪਲਾਟ ਲਈ 500 ਅਤੇ 250 ਵਰਗ ਗਜ਼ ਤੋਂ ਵੱਧ ਦੇ ਪਲਾਟ ਲਈ 1000 ਰੁਪਏ ਪ੍ਰਤੀ ਕੁਨੈਕਸ਼ਨ ਲਏ ਜਾਣਗੇ।
ਇਸੇ ਤਰ੍ਹਾਂ ਵਪਾਰਕ/ਸੰਸਥਾਗਤ ਸ਼੍ਰੇਣੀ ਵਿਚ 250 ਵਰਗ ਗਜ਼ ਤੱਕ ਦੇ ਪਲਾਟ ਲਈ 1000 ਰੁਪਏ ਪ੍ਰਤੀ ਕੁਨੈਕਸ਼ਨ (ਪਾਣੀ ਦੀ ਸਪਲਾਈ ਅਤੇ ਸੀਵਰੇਜ ਲਈ 500-500 ਰੁਪਏ) ਅਤੇ 250 ਵਰਗ ਗਜ਼ ਤੋਂ ਵੱਧ ਦੇ ਪਲਾਟ ਲਈ 2000 ਰੁਪਏ ਪ੍ਰਤੀ ਕੁਨੈਕਸ਼ਨ ਚਾਰਜ ਕੀਤੇ ਜਾਣਗੇ। ਨੋਟੀਫ਼ਿਕੇਸ਼ਨ ਦੀ ਤਰੀਕ ਤੋਂ ਤਿੰਨ ਮਹੀਨਿਆਂ ਦੇ ਅੰਦਰ ਫ਼ੀਸ ਜਮ੍ਹਾਂ ਨਾ ਕਰਵਾਉਣ ਦੀ ਸੂਰਤ ’ਚ ਫ਼ੀਸ ਦਾ 100 ਫ਼ੀਸਦੀ ਜੁਰਮਾਨਾ ਦੇਣਾ ਹੋਵੇਗਾ ਅਤੇ ਛੇ ਮਹੀਨੇ ਕੁਨੈਕਸ਼ਨ ਨਿਯਮਤ ਨਾ ਕਰਵਾਉਣ ’ਤੇ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ।
ਫ਼ਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਹੁਲਾਰਾ ਦੇਣ ਲਈ ਰਾਜ ਵਿਚ ਖੇਤੀਬਾੜੀ ਕਾਰੋਬਾਰ ਅਤੇ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਪੰਜਾਬ ਐਗਰੋ ਜੂਸ ਲਿਮਟਿਡ (ਪੀ.ਏ.ਜੇ.ਐਲ.) ਨੂੰ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਵਿਚ ਮਿਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਹੀ ਮੋਸੂਲ ਵਿਚ ਮਾਰੇ ਗਏ 27 ਪੰਜਾਬੀਆਂ ਵਿਚੋਂ ਅੱਠ ਦੇ ਪਰਿਵਾਰਕ ਮੈਂਬਰਾਂ ਲਈ 24 ਅਕਤੂਬਰ, 2019 ਤੋਂ 10,000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤੇ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ | ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ‘ਈਜ਼ ਆਫ਼ ਡੂਇੰਗ ਬਿਜ਼ਨਸ’ ਨੂੰ ਉਤਸ਼ਾਹਿਤ ਕਰਨ ਲਈ ਉਦਯੋਗ ਸਥਾਪਤ ਕਰਨ ਲਈ ਲੋੜੀਂਦੇ ਐਨ.ਓ.ਸੀ. ਦੀ ਸੂਚੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।