ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੰਘ ਨੇ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਵਿਰੁੱਧ ਕੀਤੀ ਗਈ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ ਕਿ ਜਦੋਂ ਕਿਰਨਦੀਪ ਕੌਰ ਦੇ ਸਹੁਰੇ ਘਰੇ ਜਾਕੇ ਉਸ ਤੋਂ ਸਾਰੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ, ਫਿਰ ਉਸਨੂੰ ਆਪਣੇ ਘਰੇ ਜਾਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕਿਰਨਦੀਪ ਕੌਰ ਇੱਕ ਬ੍ਰਿਟਿਸ਼ ਨਾਗਰਿਕ ਹੈ ਅਤੇ ਉਸਦਾ ਵੀਜ਼ਾ ਵੀ ਛੇਤੀ ਹੀ ਖ਼ਤਮ ਹੋਣ ਵਾਲਾ ਹੈ।
ਜ਼ਿਕਰਯੋਗ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਐਨ.ਆਰ.ਆਈ ਪਤਨੀ ਕਿਰਨਦੀਪ ਕੌਰ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਰਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਸ ਵੇਲੇ ਰੋਕ ਲਿਆ ਜਦੋਂ ਉਹ ਲੰਡਨ ਜਾ ਰਹੀ ਸੀ। ਬ੍ਰਿਟਿਸ਼ ਨਾਗਰਿਕ ਕਿਰਨਦੀਪ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਰੀਬ 3 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਜਿਸ ਤੋਂ ਬਾਅਦ ਉਸ ਨੂੰ ਇਹ ਕਹਿ ਕੇ ਵਾਪਸ ਮੋੜ ਦਿੱਤਾ ਗਿਆ ਕਿ ਉਹ ਇੰਗਲੈਂਡ ਨਹੀਂ ਜਾ ਸਕਦੇ।