PM Modi Security Breach news: ਪੰਜਾਬ ਸਰਕਾਰ ਨੇ ਪਿਛਲੇ ਸਾਲ ਸੂਬੇ ਵਿੱਚ ਪੀ.ਐੱਮ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈਆਂ ਖਾਮੀਆਂ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅੰਤਰਿਮ ਰਿਪੋਰਟ ਭੇਜ ਦਿੱਤੀ ਹੈ। ਇਸ ਰਿਪੋਰਟ ਵਿੱਚ ਮੁਲਜ਼ਮ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਆਪਣੀ ਰਿਪੋਰਟ ਵਿਚ ਗ੍ਰਹਿ ਮੰਤਰਾਲੇ ਨੂੰ ਸੂਚਿਤ ਕੀਤਾ ਹੈ ਕਿ ਮੰਤਰਾਲੇ ਵੱਲੋਂ ਭੇਜੀ ਗਈ ਰਿਪੋਰਟ ਦਾ ਅਧਿਐਨ ਕੀਤਾ ਜਾ ਰਿਹਾ ਹੈ, ਜਿਸ ਦੇ ਆਧਾਰ ‘ਤੇ ਅੱਗੇ ਕਾਰਵਾਈ ਲਈ ਸੂਬਾ ਸਰਕਾਰ ਨੇ ਅਫਸਰਾਂ ਦੀ ਇਕ ਕਮੇਟੀ ਦੇ ਗਠਨ ਦਾ ਫੈਸਲਾ ਕੀਤਾ ਹੈ, ਜੋ ਦੋਸ਼ੀ ਠਹਿਰਾਏ ਗਏ ਪੰਜਾਬ ਦੇ 9 ਅਫਸਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗੇਗੀ।
ਪੰਜਾਬ ਦੇ 9 ਨਿਯੁਕਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗੇਗੀ। ਇਸ ਕਮੇਟੀ ਨੂੰ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਨੂੰ ਤਲਬ ਕਰਨ ਦਾ ਅਧਿਕਾਰ ਹੋਵੇਗਾ। ਦੋਸ਼ੀ ਅਧਿਕਾਰੀਆਂ ਦੇ ਜਵਾਬ ਤੋਂ ਬਾਅਦ ਉਨ੍ਹਾਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਵੇਗਾ। ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਨੁਸਾਰ ਗ੍ਰਹਿ ਮੰਤਰਾਲੇ ਵੱਲੋਂ ਮੰਗੀ ਗਈ ਅੰਤਰਿਮ ਰਿਪੋਰਟ ਭੇਜ ਦਿੱਤੀ ਗਈ ਹੈ।
ਇਸ ਵਿੱਚ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਜਾਣਕਾਰੀ ਦਿੱਤੀ ਗਈ ਹੈ। ਮੁੱਖ ਸਕੱਤਰ ਅਨੁਸਾਰ ਸੁਪਰੀਮ ਕੋਰਟ ਦੀ ਕਮੇਟੀ ਨੇ ਪੰਜਾਬ ਵਿੱਚ ਘਟਨਾ ਸਥਾਨ ਦਾ ਦੌਰਾ ਕਰਕੇ ਜਾਂਚ ਰਿਪੋਰਟ ਤਿਆਰ ਕੀਤੀ ਸੀ। ਇਸ ਦੌਰਾਨ ਕਮੇਟੀ ਨੇ ਸਬੰਧਤ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਸੀ। ਇਸ ਦੇ ਆਧਾਰ ‘ਤੇ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।
ਦੱਸ ਦਈਏ ਪਿਛਲੇ ਸਾਲ ਜਨਵਰੀ ਵਿਚ ਫਿਰੋਜ਼ਪੁਰ ਦੌਰੇ ਸਮੇਂ ਖਰਾਬ ਮੌਸਮ ਤੇ ਕਿਸਾਨ ਅੰਦੋਲਨ ਦੇ ਚੱਲਦੇ ਪ੍ਰਧਾਨ ਮੰਤਰੀ ਦਾ ਕਾਫਲਾ ਲਗਭਗ 20 ਮਿੰਟ ਤੱਕ ਹਾਈਵੇ ‘ਤੇ ਫਸਿਆ ਰਿਹਾ ਸੀ। ਇਸ ਮਾਮਲੇ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਵੱਡੀ ਚੂਕ ਮੰਨਦੇ ਹੋਏ ਸੁਪਰੀਮ ਕੋਰਟ ਨੇ ਸਾਰੇ ਪਹਿਲੂਆਂ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਸੀ।